ਕੋਈ ਮਾਂ ਨਹੀਂ ਚਾਹੁੰਦੀ
ਲਹੂ ਜ਼ਮੀਨ ਤੇ ਡੁੱਲੇ
ਹਰ ਮਾਂ ਚਾਹੁੰਦੀ ਏ ਧੀਆਂ ਪੁੱਤਰ
ਤੇ ਵਧਦੀਆਂ ਫੁੱਲਦੀਆਂ ਫਸਲਾਂ
ਹਰ ਮਾਂ ਚਾਹੁੰਦੀ ਏ
ਲੋਹਾ ਕੋਈ ਲਾਹੇਵੰਦਾ ਔਜ਼ਾਰ ਬਣੇ
ਜਾਂ ਸਾਜ਼ ਦੀ ਤਾਰ ਬਣੇ
ਕੋਈ ਮਾਂ ਨਹੀਂ ਚਾਹੁੰਦੀ
ਲੋਹਾ ਹਥਿਆਰ ਬਣੇ
ਪਰ ਜਦੋਂ ਲਹੂ ਖੌਲਦਾ ਏ
ਤਾਂ ਲੋਹੇ ਨੂੰ ਹਥਿਆਰ ਬਣਾ ਲੈਂਦਾ ਏ
ਤੇ ਹਾਂ
ਕਦੀ ਮਾਵਾਂ
ਆਪਣੀ ਹੱਥੀਂ ਵੀ
ਪੁੱਤਾਂ ਨੂੰ ਅਣਖ ਦੀ ਜੰਗ ਲੜਨ ਤੋਰਦੀਆਂ ਨੇ
ਲਹੂ ਜਮੀਨ ਤੇ ਡੁੱਲਦਾ ਏ
ਜ਼ਮੀਨ ਲਹੂ ਨੂੰ ਜੀਰ ਲੈਂਦੀ ਏ
ਉਸ ਨੂੰ ਤੱਤਾਂ ਵਿਚ ਬਦਲ ਲੈਂਦੀ ਏ
ਕੁਦਰਤ ਲਈ ਮੌਤ ਦਾ ਅਰਥ ਮੌਤ ਨਹੀਂ
ਕੁਦਰਤ ਲਈ ਮੌਤ ਦਾ ਅਰਥ ਤੱਤਾਂ ਦਾ ਰੂਪ ਬਦਲਣਾ
ਕੁਦਰਤ ਲਈ ਮੌਤ ਦਾ ਅਰਥ ਇੱਕ ਹੋਰ ਜਨਮ
ਪਰ ਮਾਂਵਾਂ ਲਈ ਕੁਦਰਤ ਲਈ ਮੌਤ ਦਾ ਅਰਥ ਹੈ
ਕੁੱਖਾਂ ਚੋਂ ਜਾਏ ਦਾ ਅੰਤਹੀਣ ਅੰਧਕਾਰ ਵਿਚ ਡੁੱਬ ਜਾਣਾ
The poem is taken from Surjeet Patar’s Punjabi Adaptation “Agg de Kalirey (ਅੱਗ ਦੇ ਕਲੀਰੇ)” of Spanish playwright Federico García Lorca‘s play Bodas de Sangre (‘Blood Wedding’)
Picture: ‘The Reconciliation of the Montagues and the Capulets’,Frederic Leighton, 1830–1896, British
The Yale Centre for British Art